ਨਵੀਂ ਦਿੱਲੀ :-ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਬੁੱਧਵਾਰ ਨੂੰ ਆਪਣੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਨੂੰ ਗੁਜਰਾਤ ਤੋਂ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਐੱਲ. ਮੁਰੂਗਨ ਨੂੰ ਕ੍ਰਮਵਾਰ ਓਡਿਸ਼ਾ ਅਤੇ ਮੱਧ ਪ੍ਰਦੇਸ਼ ਤੋਂ ਉਮੀਦਵਾਰ ਐਲਾਨਿਆ ਗਿਆ। ਕਾਂਗਰਸ ਛੱਡ ਕੇ ‘ਭਾਜਪਾ ‘ਚ ਸ਼ਾਮਲ ਹੋਣ ਤੋਂ ਅਗਲੇ ਦਿਨ ਕੇਂਦਰ ਦੀ ਸੱਤਾਧਾਰੀ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਨੂੰ ਮਹਾਰਾਸ਼ਟਰ ਤੋਂ ਰਾਜ ਸਭਾ ਦਾ ਉਮੀਦਵਾਰ ਬਣਾ ਦਿੱਤਾ। ਪਾਰਟੀ ਨੇ 15 ਸੂਬਿਆਂ ਦੀਆਂ 56 ਸੀਟਾਂ ‘ਤੇ ਹੋਣ ਵਾਲੀਆਂ ਦੋ-ਸਾਲਾ ਰਾਜ ਸਭਾ ਚੋਣਾਂ ਦੇ ਮੱਦੇਨਜ਼ਰ ਬੁੱਧਵਾਰ ਨੂੰ ਪਹਿਲਾਂ ਮੱਧ ਪ੍ਰਦੇਸ਼ ਅਤੇ ਓਡਿਸ਼ਾ ਲਈ 5 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਅਤੇ ਇਸ ਤੋਂ ਤੁਰੰਤ ਬਾਅਦ ਗੁਜਰਾਤ ਤੋਂ 4 ਅਤੇ ਮਹਾਰਾਸ਼ਟਰ ਤੋਂ 3 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ।