ਪਟਿਆਲਾ : ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 15 ਫਰਵਰੀ ਨੂੰ ਮੁੜ ਤੋਂ ਪੇਸ਼ ਹੋਣ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ ਮਜੀਠੀਆ 3 ਵਾਰ ਐੱਸ. ਆਈ. ਟੀ. ਅੱਗੇ ਪੇਸ਼ ਹੋ ਚੁੱਕੇ ਹਨ। ਐੱਸ. ਆਈ. ਟੀ. ਇਸ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਦੇ ਸਹਿਯੋਗੀਆਂ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਮਜੀਠੀਆ ਦੇ ਨਜ਼ਦੀਕੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਐੱਸ. ਆਈ. ਟੀ. ਹੁਣ ਫਿਰ ਤੋਂ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਏ ਸਵਾਲਾਂ ਨੂੰ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ ਅਤੇ 15 ਫਰਵਰੀ ਨੂੰ ਮੁੜ ਮਜੀਠੀਆ ਨੂੰ ਪੇਸ਼ ਹੋਣ ਲਈ ਬੁਲਾਇਆ ਗਿਆ ਹੈ। ਐੱਸ.ਆਈ.ਟੀ. ਦੀ ਅਗਵਾਈ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਕਰ ਰਹੇ ਹਨ, ਜਦੋਂ ਕਿ ਉਸ ‘ਚ ਐੱਸ. ਐੱਸ. ਪੀ. ਪਟਿਆਲਾ ਵਰੁਣ ਸ਼ਰਮਾ, ਐੱਸ. ਪੀ. ਇਨਵੈਸਟੀਗੇਸ਼ਨ ਯੋਗੇਸ਼ ਸ਼ਰਮਾ, ਡੀ. ਐੱਸ. ਪੀ. ਜਸਵਿੰਦਰ ਸਿੰਘ ਟਿਵਾਣਾ ਸਮੇਤ ਹੋਰ ਵੀ ਅਧਿਕਾਰੀ ਮੈਂਬਰ ਹਨ।