ਸੰਗਰੂਰ : ਚੀਨੀ ਡੋਰ ਦੀ ਵਰਤੋਂ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਟੀਮਾਂ ਵੱਲੋਂ ਅੱਜ ਡੋਰ ਤੇ ਪਤੰਗ ਵਿਕਰੇਤਾਵਾਂ ਦੀਆਂ ਦੁਕਾਨਾਂ ਉੱਪਰ ਛਾਪਾ ਮਾਰਿਆ ਗਿਆ। ਇਹ ਚੈਕਿੰਗ ਜ਼ਿਲ੍ਹੇ ਭਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਹੱਦਾਂ ਵਿੱਚ ਕਾਰਜਸਾਧਕ ਅਫ਼ਸਰਾਂ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ਕੀਤੀ ਗਈ। ਦੁਕਾਨਾਂ ਅੰਦਰ ਪਈਆਂ ਡੋਰਾਂ ਦੀ ਜਾਂਚ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਚੀਨੀ ਡੋਰ ਦੀ ਵਰਤੋਂ ਨਾ ਕਰਨ ਦੀ ਹਦਾਇਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿਚ ਚੀਨੀ ਡੋਰ ਖ਼ਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਤਹਿਤ ਅੱਜ ਵੱਖ ਵੱਖ ਥਾਈਂ ਈ.ਓਜ਼ ਦੀ ਅਗਵਾਈ ਹੇਠ ਟੀਮਾਂ ਵੱਲੋਂ ਪਤੰਗ ਵਿਕਰੇਤਾਵਾਂ ਦੀਆਂ ਦੁਕਾਨਾਂ ਉੱਤੇ ਛਾਪਾ ਮਾਰ ਕੇ ਜਾਂਚ ਕੀਤੀ ਗਈ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਆਪਣੇ ਸ਼ੌਕ ਦੀ ਪੂਰਤੀ ਲਈ ਕਿਸੇ ਦੀ ਵੀ ਜਾਨ ਜੋਖ਼ਮ ਵਿੱਚ ਨਾ ਪਾਉਣ।